Shiv Kumar Batalvi
ਸ਼ਿਵ ਕੁਮਾਰ ਬਟਾਲਵੀ

Punjabi Writer
  

Birha Shiv Kumar Batalvi

ਬਿਰਹਾ ਸ਼ਿਵ ਕੁਮਾਰ ਬਟਾਲਵੀ

ਬਿਰਹਾ

ਮੈਥੋਂ ਮੇਰਾ ਬਿਰਹਾ ਵੱਡਾ
ਮੈਂ ਨਿੱਤ ਕੂਕ ਰਿਹਾ
ਮੇਰੀ ਝੋਲੀ ਇਕੋ ਹੌਕਾ
ਇਹਦੀ ਝੋਲ ਅਥਾਹ ।

ਬਾਲ-ਵਰੇਸੇ ਇਸ਼ਕ ਗਵਾਚਾ
ਜ਼ਖ਼ਮੀ ਹੋ ਗਏ ਸਾਹ
ਮੇਰੇ ਹੋਠਾਂ ਵੇਖ ਲਈ
ਚੁੰਮਣਾਂ ਦੀ ਜੂਨ ਹੰਢਾ ।

ਜੋ ਚੁੰਮਣ ਮੇਰੇ ਦਰ 'ਤੇ ਖੜ੍ਹਿਆ
ਇਕ ਅੱਧ ਵਾਰੀ ਆ
ਮੁੜ ਉਹ ਭੁੱਲ ਕਦੇ ਨਾ ਲੰਘਿਆ
ਏਸ ਦਰਾਂ ਦੇ ਰਾਹ ।

ਮੈਂ ਉਹਨੂੰ ਨਿੱਤ ਉਡੀਕਣ ਬੈਠਾ
ਥੱਕਿਆ ਔਂਸੀਆਂ ਪਾ
ਮੈਨੂੰ ਉਹ ਚੁੰਮਣ ਨਾ ਬਹੁੜਿਆ
ਸੈ ਚੁੰਮਣਾਂ ਦੇ ਵਣ ਗਾਹ ।

ਉਹ ਚੁੰਮਣ ਮੇਰੇ ਹਾਣ ਦਾ
ਵਿਚ ਲੱਖ ਸੂਰਜ ਦਾ ਤਾ
ਜਿਹੜੇ ਸਾਹੀਂ ਚੇਤਰ ਖੇਡਦਾ
ਮੈਨੂੰ ਉਸ ਚੁੰਮਣ ਦਾ ਚਾ ।

ਪਰਦੇਸੀ ਚੁੰਮਣ ਮੈਂਡਿਆ
ਕਦੇ ਵਤਨੀਂ ਫੇਰਾ ਪਾ
ਕਿਤੇ ਸੁੱਚਾ ਬਿਰਹਾ ਤੈਂਡੜਾ
ਮੈਥੋਂ ਜੂਠਾ ਨਾ ਹੋ ਜਾ ।

ਬਿਰਹਾ ਵੀ ਲੋਭੀ ਕਾਮ ਦਾ
ਇਹਦੀ ਜਾਤ ਕੁਜਾਤ ਨਾ ਕਾ
ਭਾਵੇਂ ਬਿਰਹਾ ਰੱਬੋਂ ਵੱਡੜਾ
ਮੈਂ ਉੱਚੀ ਕੂਕ ਰਿਹਾ ।